ਸਾਬਕਾ ਮੰਤਰੀ ਮਲੂਕਾ ਵੱਲੋਂ ਦਿੱਲੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ‘ਚ ਵੱਡੀ ਜਿੱਤ ਲਈ ਸੰਗਤ ਨੂੰ ਵਧਾਈ ।

 ਸ਼੍ਰੋਮਣੀ ਕਮੇਟੀ ਸਮਾਜਿਕ ਭਲਾਈ ਦੇ ਕੰਮਾਂ ਚ ਮੋਹਰੀ :– ਗੁਰਪ੍ਰੀਤ ਮਲੂਕਾ   

ਬਠਿੰਡਾ ,25 ਅਗਸਤ , ਦਲਜੀਤ ਸਿੰਘ ਸਿਧਾਣਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ   ਬੇਅਦਬੀ ਕਰਵਾਉਣ ਅਤੇ ਬੇਅਦਬੀ ਤੇ ਸਿਆਸਤ ਕਰਨ ਵਾਲਿਆਂ ਦੇ  ਸੰਬੰਧ ਵਿਚ ਕੀਤੀ ਗਈ ਅਰਦਾਸ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ l ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਅੱਜ ਦਿੱਲੀ ਦੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਤੇ ਗੱਲਬਾਤ ਕਰਦਿਆਂ ਕੀਤਾ l  ਮਲੂਕਾ ਨੇ ਕਿਹਾ ਕਿ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਨੇ ਸਾਬਤ ਕਰ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਸਿੱਖਾਂ ਦੀ ਨੁਮਾਇੰਦਾ ਪਾਰਟੀ ਹੈ l  ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸਿੱਖ ਪੰਥ ਦੀਆਂ ਰਵਾਇਤਾਂ ਨੂੰ ਕਾਇਮ ਰੱਖਣ ਅਤੇ ਸਿੱਖ ਪੰਥ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ l ਸ਼੍ਰੋਮਣੀ ਅਕਾਲੀ ਦਲ ਨੇ ਧਰਮ ਯੁੱਧ ਮੋਰਚੇ ਤੋਂ ਲੈ ਕੇ ਅੱਜ ਤੱਕ ਹਮੇਸ਼ਾ ਸਿੱਖ ਪੰਥ ਦੀ ਸੁਚੱਜੇ ਢੰਗ ਨਾਲ ਅਗਵਾਈ ਕੀਤੀ ਹੈ l  ਮਲੂਕਾ ਨੇ ਕਿਹਾ ਕਿ ਇਸ ਜਿੱਤ ਲਈ ਸਮੂਹ ਸੰਗਤ ਨੂੰ ਵਧਾਈ ਦਿੰਦੇ ਹਨ l ਮਲੂਕਾ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਵਿਰੋਧੀ ਪਾਰਟੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੂਬੇ ਵਿੱਚ ਤੀਜੀ ਵਾਰ ਸਰਕਾਰ ਬਣਦੀ ਦਿਖਾਈ ਦੇ ਰਹੀ ਸੀ l ਸੱਤਾ ਤੇ ਕਾਬਜ਼ ਹੋਣ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕੀਤਾ l ਮਲੂਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਸੀ ਕਿ  ਬੇਅਦਬੀ ਕਰਨ ਅਤੇ ਉਸ ਦੇ ਸਿਆਸਤ ਕਰਨ ਵਾਲਿਆਂ ਦਾ ਕੱਖ ਨਾ ਰਹੇ l ਮਲੂਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਕੀਤੀ ਗਈ ਅਰਦਾਸ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ l ਬੇਅਦਬੀ ਤੇ ਸਿਆਸਤ ਕਰਨ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਹੁਣ ਲਗਾਤਾਰ ਹਾਸ਼ੀਏ ਵੱਲ ਜਾ ਰਹੀ ਹੈ l ਦਿੱਲੀ ਦੀਆਂ ਚੋਣਾਂ ਵਿੱਚ ਵੀ ਕਾਂਗਰਸ ਆਮ ਆਦਮੀ ਪਾਰਟੀ ਅਤੇ ਬੀਜੇਪੀ  ਨੇ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਰਾਉਣ ਦੀਆਂ ਵੱਡੀਆਂ ਕੋਸ਼ਿਸ਼ਾਂ ਕੀਤੀਆਂ ਸਨ l  ਦਿੱਲੀ ਦੀ ਸਿੱਖ ਸੰਗਤ ਨੇ ਵਿਰੋਧੀਆਂ ਦੇ ਮੂੰਹ ਤੇ ਵੱਡੀ ਚਪੇੜ ਮਾਰੀ ਹੈ l ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਸਿਲਸਿਲਾ ਹੁਣ 2022 ਤੱਕ ਜਾਰੀ ਰਹੇਗਾ l ਸ਼੍ਰੋਮਣੀ ਕਮੇਟੀ ਦਿੱਲੀ ਚੋਣਾਂ ਵਿਚ ਵੱਡੀ ਜਿੱਤ ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ  ਦਿੱਲੀ ਦੀ ਸ਼੍ਰੋਮਣੀ ਕਮੇਟੀ ਅਤੇ ਐਸਜੀਪੀਸੀ  ਵੱਲੋਂ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਡਾ ਯੋਗਦਾਨ ਪਾਇਆ ਜਾਂਦਾ ਹੈ l ਦਿੱਲੀ ਦੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਅੰਦੋਲਨ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਲੰਗਰ ਅਤੇ ਮੈਡੀਕਲ ਕੈਂਪਾਂ ਰਾਹੀਂ ਲੋੜਵੰਦਾਂ ਦੀ ਮਦਦ ਕੀਤੀ l ਇਸ ਤੋਂ ਇਲਾਵਾ ਕਮੇਟੀ ਵੱਲੋਂ ਦਿੱਲੀ ਵਿੱਚ ਵੱਡਾ ਹਸਪਤਾਲ ਬਣਾ ਕੇ ਸਿੱਖਾਂ ਦੀ ਸੇਵਾ ਭਾਵਨਾ ਦੀ  ਮਿਸਾਲ ਪੈਦਾ ਕੀਤੀ l ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਆਗੂ ਹਰਿੰਦਰ ਸਿੰਘ ਹਿੰਦਾ ਮਹਿਰਾਜ, ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ,  ਡਾਂ ਜਸਪਾਲ ਸਿੰਘ ਦਿਆਲਪੁਰਾ ,ਰਾਕੇਸ਼ ਗੋਇਲ ਭਗਤਾ, ਮੋਹਨ ਭਗਤਾ, ਸੁਖਜਿੰਦਰ ਖਾਨਦਾਨ ,ਹਰਜੀਤ ਸਿੰਘ ਮਲੂਕਾ, ਕੁਲਵੰਤ ਸਿੰਘ ਘੰਡਾਬੰਨਾ, ਸਰਬਜੀਤ ਸਿੰਘ ਕਾਂਗੜ, ਪਰਮਜੀਤ ਕਾਂਗੜ,  ਜਗਸੀਰ ਪੰਨੂ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ ।